ਮਨਮੋਹਨ ਨੂੰ ਕਾਲੀਆਂ ਝੰਡੀਆਂ ਵਿਖਾਉਣ ਪਿੱਛੇ ਅਕਾਲੀਆਂ ਦਾ ਹੱਥ : ਕੈਪਟਨ
On 2 January 2012 in ਵਿਸ਼ੇਸ਼ ਰਿਪੋਰਟ
ਜਲੰਧਰ/ਅੰਮ੍ਰਿਤਸਰ, ਸਟਾਰ ਨਿਊਜ਼-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਐਤਵਾਰ ਸਵੇਰੇ ਕਾਲੀਆਂ ਝੰਡੀਆਂ ਵਿਖਾਉਣ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਨਾ ਸਿਰਫ ਮੰਦਭਾਗਾ ਹੈ ਸਗੋਂ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਨ ਦੇ ਵੀ ਬਰਾਬਰ ਹੈ। ਕੈਪਟਨ ਨੇ ਦੋਸ਼ ਲਾਇਆ ਕਿ ਅਕਾਲੀਆਂ ਦੇ ਇਸ਼ਾਰੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਸਥਾਨ ਦੀ ਵਰਤੋਂ ਪ੍ਰਦਰਸ਼ਨ ਕਰਨ ਲਈ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੀ ਹਾਰ ਯਕੀਨੀ ਹੈ। ਘਟਨਾ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਇਸ ਘਟਨਾ ਤੋਂ ਸਸਤੀ ਲੋਕਪ੍ਰਿਯਤਾ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਪ੍ਰਦਰਸ਼ਨ ਕਰਨ ਵਾਲੇ ਅਸਲ ਵਿਚ ਅਕਾਲੀ-ਭਾਜਪਾ ਵਰਕਰ ਸਨ। ਉਨ੍ਹਾਂ ਕਿਹਾ ਕਿ ਇਕ ਸਿੱਖ ਪ੍ਰਧਾਨ ਮੰਤਰੀ ਦਾ ਅਪਮਾਨ ਸਹਿਣ ਨਹੀਂ ਕੀਤਾ ਜਾਵੇਗਾ।
ਟੀਮ ਅੰਨਾ ਨੇ ਪਹਿਲਾਂ ਹੀ ਇਸ ਪ੍ਰਦਰਸ਼ਨ ਪਿੱਛੇ ਆਪਣਾ ਹੱਥ ਹੋਣ ਤੋਂ ਇਨਕਾਰ ਕੀਤਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਕੰਮ ਅਕਾਲੀਆਂ ਨੇ ਕਰਵਾਇਆ ਹੈ। ਅਕਾਲੀਆਂ ਨੇ ਸਮਾਜਿਕ ਵਰਕਰ ਅੰਨਾ ਹਜ਼ਾਰੇ ਦੇ ਨਾਂ ਦੀ ਦੁਰਵਰਤੋਂ ਕੀਤੀ ਹੈ। ਆਮ ਪੰਜਾਬੀ ਇਸ ਘਟਨਾ ਤੋਂ ਦੁਖੀ ਹੋਇਆ ਹੈ ਕਿਉਂਕਿ ਇਸ ਨਾਲ ਸਮੁੱਚੇ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 5 ਸਾਲ ਤਕ ਮਨਮੋਹਨ ਸਿੰਘ ਸਰਕਾਰ ਕੋਲੋਂ ਵਿਕਾਸ ਕਾਰਜਾਂ ਲਈ ਫੰਡ ਲਏ ਪਰ ਹੁਣ ਉਨ੍ਹਾਂ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ।


